Anandpur Sahib News: ਟਰੱਕ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਦੀ ਪੁਲਿਸ ਵੱਲੋਂ ਕਥਿਤ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਕੋਲ ਪੁੱਜ ਚੁੱਕਾ ਹੈ।
Trending Photos
nandpur Sahib News: ਬੀਤੀ ਰਾਤ ਕੀਰਤਪੁਰ ਸਾਹਿਬ ਟਰੱਕ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਦੀ ਪੁਲਿਸ ਵੱਲੋਂ ਕਥਿਤ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਤੋਂ ਬਾਅਦ ਅੱਜ ਟਰੱਕ ਯੂਨੀਅਨ ਕੀਰਤਪੁਰ ਸਾਹਿਬ ਦੇ ਨਾਲ ਸਬੰਧਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਕੇਸਾਂ ਦੀ ਬੇਅਦਬੀ ਤੋਂ ਬਾਅਦ ਇਸ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਕਰਨ ਲਈ ਇੱਕ ਮੰਗ ਪੱਤਰ ਦਿੱਤਾ ਹੈ।
ਇਸ ਮੌਕੇ ਕੀਰਤਪੁਰ ਸਾਹਿਬ ਟਰੱਕ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਬੀਰ ਸਿੰਘ ਬੀਰ ਨੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਮੈਮੋਰੰਡਮ ਵਿੱਚ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋਂ ਮੁੜ ਕੇ ਕੋਈ ਕਿਸੇ ਦੇ ਕੇਸਾਂ ਦੀ ਬੇਅਦਬੀ ਨਾ ਕਰ ਸਕੇ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਖਾਲਸੇ ਦੀ ਜਨਮ ਭੂਮੀ ਉਤੇ ਇੱਕ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਦਬੀ ਦੀ ਹਰ ਕਿਸੇ ਨੂੰ ਕੜੇ ਸ਼ਬਦਾਂ ਦੇ ਵਿੱਚ ਵਿਰੋਧਤਾ ਕਰਨੀ ਚਾਹੀਦੀ ਹੈ।
ਉਧਰ ਇਸ ਮਾਮਲੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਵੱਲੋਂ ਕੀਰਤਪੁਰ ਸਾਹਿਬ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਤੇ ਉਨ੍ਹਾਂ ਨੇ ਵੀ ਬੀਤੇ ਕੱਲ੍ਹ ਹੋਈ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਚੰਦੂਮਾਜਰਾ ਨੇ ਕਿਹਾ ਇੱਕ ਪਾਸੇ ਸਥਾਨਕ ਟਰੱਕ ਅਪ੍ਰਰੇਟਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਤੇ ਦੂਜੇ ਉਨ੍ਹਾਂ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ।
ਚੰਦੂਮਾਜਰਾ ਨੇ ਇਲਜ਼ਾਮ ਲਗਾਇਆ ਕਿ ਇਹ ਸਾਰਾ ਕੁਝ ਸਰਕਾਰ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਦੇ ਨਾਲ ਹੋ ਰਿਹਾ ਹੈ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹਿੱਤਾਂ ਦੇ ਨਾਲ ਖਿਲਵਾੜ ਕਰਕੇ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਫਾਇਦੇ ਦਿੱਤੇ ਜਾ ਰਹੇ ਹਨ ਜੋਂ ਕੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਚੰਦੂਮਾਜਰਾ ਨੇ ਗਵਰਨਰ ਪੰਜਾਬ ਵੱਲੋਂ ਪੰਜਾਬ ਸਰਕਾਰ ਉਪਰ ਲਏ ਗਏ ਕਰਜ਼ੇ ਬਾਰੇ ਵੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕੇ ਸੂਬਾ ਸਰਕਾਰ ਵੱਲੋਂ ਕਰਜ਼ਾ ਲੈ ਕੇ ਕਿਸ ਜਗ੍ਹਾ ਉਤੇ ਲਗਾਇਆ ਜਾ ਰਿਹਾ ਇਸ ਦੀ ਜਾਣਕਾਰੀ ਜ਼ਰੂਰ ਦਿੱਤੀ ਜਾਣੀ ਚਾਹੀਦੀ ਹੈ
ਦੱਸ ਦਈਏ ਕਿ ਬੀਤੇ ਕੱਲ੍ਹ ਟਰੱਕ ਯੂਨੀਅਨ ਕੀਰਤਪੁਰ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਬੀਰ ਸ਼ਾਹਪੁਰ ਵੱਲੋਂ ਲਾਈਵ ਹੋ ਕੇ ਇਹ ਇਲਜ਼ਾਮ ਲਗਾਇਆ ਗਿਆ ਸੀ ਕਿ ਪੁਲਿਸ ਵੱਲੋਂ ਉਸਦੀ ਨਾਜਾਇਜ਼ ਕੁੱਟਮਾਰ ਕੀਤੀ ਗਈ ਤੇ ਉਸਦੇ ਕੇਸਾਂ ਦੀ ਬੇਅਦਬੀ ਕੀਤੀ ਤੇ ਇਸ ਦੇ ਨਾਲ ਹੀ ਉਸ ਦੇ ਭਰਾ ਨਾਜਰ ਸਿੰਘ ਸ਼ਾਹਪੁਰ ਨੂੰ ਪੁਲਿਸ ਚੁੱਕ ਕੇ ਲੈ ਗਈ।
ਇਸ ਲਾਈਵ ਤੋਂ ਬਾਅਦ ਵੱਡੀ ਗਿਣਤੀ ਦੇ ਵਿੱਚ ਟਰੱਕ ਯੂਨੀਅਨ ਕੀਰਤਪੁਰ ਨਾਲ ਸਬੰਧਤ ਮੈਂਬਰ ਗੁਰਦੁਆਰਾ ਪਤਾਲਪੁਰੀ ਸਾਹਿਬ ਚੌਂਕ ਵਿਖੇ ਇਕੱਠੇ ਹੋ ਗਏ ਅਤੇ ਉਨ੍ਹਾਂ ਵੱਲੋਂ ਬੀਤੀ ਰਾਤ ਤਕਰੀਬਨ ਚਾਰ ਘੰਟੇ ਕੀਰਤਪੁਰ ਸਾਹਿਬ ਰੋਪੜ ਮੁੱਖ ਮਾਰਗ ਉਤੇ ਧਰਨਾ ਲਗਾ ਕੇ ਟ੍ਰੈਫਿਕ ਜਾਮ ਕਰ ਦਿੱਤਾ ਗਿਆ।
ਇਸ ਮਾਮਲੇ ਵਿੱਚ ਧਰਨਾਕਾਰੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਨਾਜਰ ਸਿੰਘ ਸ਼ਾਹਪੁਰ ਨੂੰ ਪੁਲਿਸ ਵੱਲੋਂ ਛੱਡਿਆ ਜਾਵੇ ਤੇ ਲੋਕਾਂ ਦੇ ਦਬਾਅ ਹੇਠ ਪੁਲਿਸ ਵੱਲੋਂ ਰਾਤ ਨੂੰ ਨਾਜਰ ਸਿੰਘ ਸ਼ਾਹਪੁਰ ਨੂੰ ਛੱਡ ਦਿੱਤਾ ਗਿਆ ਤੇ ਇਸ ਉਪਰੰਤ ਧਰਨਾਕਾਰੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ। ਦੱਸਣਯੋਗ ਹੈ ਕਿ ਨਾਜਰ ਸਿੰਘ ਸ਼ਾਹਪੁਰ, ਬਲਬੀਰ ਸਿੰਘ ਬੀਰ ਸ਼ਾਹਪੁਰ ਸਮੇਤ 7-8 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ।
ਇੱਥੇ ਦੱਸਣਾ ਜ਼ਰੂਰੀ ਹੈ ਕਿ ਕੀਰਤਪੁਰ ਸਾਹਿਬ ਟਰੱਕ ਯੂਨੀਅਨ ਦੇ ਮੈਂਬਰਾਂ ਵੱਲੋਂ ਪਿਛਲੇ ਡੇਢ ਮਹੀਨੇ ਤੋਂ ਪਿੰਡ ਮੋੜਾ ਵਿੱਚ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਇਸ ਗੱਲ ਨੂੰ ਲੈ ਕੇ ਧਰਨਾ ਲਗਾਇਆ ਜਾ ਰਿਹਾ ਹੈ ਕਿ ਸਥਾਨਕ ਡੰਪਾਂ ਤੇ ਫੈਕਟਰੀਆਂ ਵੱਲੋਂ ਸਥਾਨਕ ਟਰੱਕ ਆਪ੍ਰੇਟਰਾਂ ਨੂੰ ਕੰਮ ਦੇਣ ਦੀ ਬਜਾਏ ਕੰਮ ਗੁਆਂਢੀ ਸੂਬੇ ਹਿਮਾਚਲ ਦੇ ਟਰੱਕ ਆਪ੍ਰੇਟਰਾਂ ਨੂੰ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab CM Bhagwant Mann Birthday: ਕਾਮੇਡੀਅਨ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਦੇ ਜੀਵਨ 'ਚ '16 ਨੰਬਰ' ਬੇਹੱਦ ਖਾਸ