Tractor March: ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ।
Trending Photos
Tractor March: ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ। ਇਸ ਦਾ ਜ਼ਿਆਦਾ ਅਸਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਆਦਿ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ ਲੈ ਕੇ ਪੁੱਜੇ ਅਤੇ ਭਾਰਤ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੋਰ ਥਾਵਾਂ ’ਤੇ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੱਢਿਆ ਗਿਆ। ਕੁਝ ਸਮੇਂ ਲਈ ਕਿਸਾਨਾਂ ਨੇ ਮਾਲਾਂ ਦੇ ਮੂਹਰੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਉਹ ਟਰੈਕਟਰ ਲੈ ਕੇ ਚਲੇ ਗਏ। ਇਸ ਤੋਂ ਪਹਿਲਾਂ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਂਝੇ ਤੌਰ ’ਤੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਇਹ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਸੀ।
ਜ਼ਿਕਰਯੋਗ ਹੈ ਕਿ ਅੱਜ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 62ਵਾਂ ਦਿਨ ਹੈ। ਗਲੂਕੋਜ਼ ਦੇਣ ਅਤੇ ਡਾਕਟਰੀ ਇਲਾਜ ਕਰਵਾਉਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
ਅੱਜ ਬਠਿੰਡਾ ਵਿੱਚ ਟਰੈਕਟਰ ਮਾਰਚ ਕਰਦੇ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਵਾਸਤੇ ਸਾਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਹੁਣ ਹੋਰ ਨਵਾਂ ਇੱਕ ਖਰੜਾ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਜਿਸ ਵਿੱਚ ਕਿਸਾਨਾਂ ਨੂੰ ਮੰਡੀਆਂ ਤੋਂ ਵੀ ਵਿਹਲਾ ਕਰ ਦਿੱਤਾ ਜਾਵੇਗਾ ਜੇ ਸਾਡਾ ਟਰੈਕਟਰ ਹੀ ਨਾ ਰਿਹਾ ਤਾਂ ਅਸੀਂ ਕਿਸਾਨ ਹੀ ਨਹੀਂ ਰਹਾਂਗੇ ਕਿਉਂਕਿ ਟਰੈਕਟਰ ਕਿਸਾਨ ਦਾ ਪੁੱਤ ਹੈ ਤੇ ਪੁੱਤ ਬਿਨਾਂ ਪਿਓ ਦਾ ਕੀ ਕੰਮ।
ਜੇਕਰ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਜਲਦੀ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ। ਇਸ ਸੰਘਰਸ਼ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ ਟਰੈਕਟਰ ਮਾਰਚ ਬਠਿੰਡਾ ਦੀ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਸੂਬਾ ਸੜਕਾਂ ਅਤੇ ਨੈਸ਼ਨਲ ਹਾਈਵੇ ਉੱਪਰ ਕੀਤਾ ਗਿਆ।
ਭੋਗਪੁਰ ਵਿਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ। 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਫਗਵਾੜਾ 'ਚ ਨੈਸ਼ਨਲ ਹਾਈਵੇ ਉਪਰ ਟਰੈਕਟਰ ਇਕ ਪਾਸੇ ਖੜ੍ਹੇ ਕਰਕੇ ਆਪਣਾ ਰੋਸ ਪ੍ਰਗਟ ਕੀਤਾ।
ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਮੋਗਾ ਵਿੱਚ ਕਿਸਾਨਾਂ ਨੇ ਪੰਚ ਥਾਵਾਂ 'ਤੇ ਟਰੈਕਟਰ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਭੁਪਿੰਦਰ ਸਿੰਘ ਦੋਲਤਪੁਰਾ ਜ਼ਿਲ੍ਹਾ ਪ੍ਰਧਾਨ ਬੀ. ਕੇ. ਯੂ. ਲੱਖੋਵਾਲ ਅਤੇ ਕਿਸਾਨਾਂ ਦਾ ਕਹਿਣਾ ਕਿ ਜੋ ਮੋਦੀ ਸਰਕਾਰ ਨੇ ਕਿਸਾਨਾਂ ਦੇ ਕਾਨੂੰਨ ਵਾਪਸ ਲਏ ਸਨ, ਉਹ ਕਾਨੂੰਨ ਮੁੜ ਲਾਗੂ ਕਰਵਾਏ ਜਾ ਰਹੇ ਹਨ, ਜੋ ਕਿਸਾਨ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।
ਇਸ ਦੌਰਾਨ ਕੇਂਦਰ ਨੂੰ ਚਿਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਵੱਡਾ ਸੰਘਰਸ਼ ਕੀਤਾ ਜਾਵੇਗਾ।