Fatehgarh Sahib News: ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਕਰਵਾਈ ਜਾ ਰਹੀ ਹੈ।
Trending Photos
Fatehgarh Sahib News: ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਹੋਣ ਜਾ ਰਹੀ ਹੈ। ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ 06 ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣਗੇ।
ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸ਼ਹੀਦੀ ਸਭਾ ਦੌਰਾਨ ਬਣਾਈਆਂ ਜਾਣ ਵਾਲੀਆਂ ਆਰਜ਼ੀ ਪਾਰਕਿੰਗ ਤੇ ਆਰਜ਼ੀ ਬੱਸ ਅੱਡਿਆ ਦਾ ਦੌਰਾ ਕਰਨ ਮੌਕੇ ਮਾਡਰਨ ਰਿਜੋਰਟ ਬਸੀ ਪਠਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸਹੂਲਤ ਲਈ 6 ਪੁਲਿਸ ਸਹਾਇਤਾ ਕੇਂਦਰ ਬਣਾਏ ਜਾਣਗੇ, ਜਿੱਥੋਂ ਸੰਗਤ ਨੂੰ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਦੇ ਨਾਲ-ਨਾਲ ਮੈਡੀਕਲ ਸਹੂਲਤਾਂ ਵੀ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਿਸ ਸਹਾਇਤਾ ਕੇਂਦਰਾਂ ਨੂੰ ਹਾਈ ਸਪੀਡ ਇੰਟਰਨੈਟ ਨਾਲ ਜੋੜਿਆ ਜਾਵੇਗਾ ਤਾਂ ਜੋ ਸੰਗਤਾਂ ਨੂੰ ਮੋਬਾਈਲ ਨੈੱਟਵਰਕ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਦੀ ਸੂਰਤ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਾਰੇ ਪੁਲਿਸ ਸਹਾਇਤਾ ਕੇਂਦਰਾਂ ਨੂੰ ਮੁੱਖ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ।
ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਲਈ ਸ਼ਟਲ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਿਸ ਤਹਿਤ ਮੁਫ਼ਤ ਬੱਸਾਂ ਅਤੇ ਈ-ਰਿਕਸ਼ਾ ਦੀ ਸਹੂਲਤ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਪਹਿਲੀ ਵਾਰ ਆਟੋ ਰਿਕਸ਼ਿਆਂ ਨੂੰ ਵਿਸ਼ੇਸ਼ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਆਵਾਜਾਈ ਦੇ ਮਾਮਲੇ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਪੁੱਜੀਆਂ ਸਮੂਹ ਸੰਗਤਾਂ ਨੂੰ ਜ਼ਿਲ੍ਹਾ ਪੁਲੀਸ ਵੱਲੋਂ ਕੀਤੇ ਗਏ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।