Kotkapura News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿੱਚ ਸੈਂਕੜੇ ਅਧਿਆਪਕਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
Trending Photos
Kotkapura News: ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੱਦੇ ’ਤੇ 12 ਜ਼ਿਲ੍ਹਿਆਂ ਦੇ ਸੈਂਕੜੇ ਅਧਿਆਪਕਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿੱਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਧਿਆਪਕਾਂ ਨੇ ਨਾਅਰੇਬਾਜ਼ੀ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਵੀ ਕੀਤਾ।
ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਸੂਬਾਈ ਆਗੂਆਂ ਦਿਗਵਿਜੇ ਪਾਲ ਸ਼ਰਮਾ ਅਤੇ ਸੁਖਵਿੰਦਰ ਸਿੰਘ ਚਾਹਲ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮਿਡਲ ਸਕੂਲਾਂ ਨੂੰ ਬੰਦ ਕੀਤਾ ਜਾ ਰਿਹਾ ਹੈ।
ਅਧਿਆਪਕਾਂ ਦੀਆਂ ਤਰੱਕੀਆਂ ਕਰਦਿਆਂ ਖਾਲੀ ਅਸਾਮੀਆਂ ਨੂੰ ਛੁਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇੱਕ ਸਾਜ਼ਿਸ਼ ਤਹਿਤ ਦੂਰ-ਦੁਰਾਡੇ ਦੇ ਜ਼ਿਲ੍ਹਿਆਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ ਦਫ਼ਤਰਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਸੀ ਐਂਡ ਵੀ ਅਧਿਆਪਕਾਂ ਦੇ ਗਰੇਡ ਘਟਾਏ ਜਾ ਰਹੇ ਹਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਪੇਂਡੂ ਭੱਤਾ ਬਹਾਲ ਨਹੀਂ ਕੀਤਾ ਜਾ ਰਿਹਾ ਅਤੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਅਤੇ ਸਾਢੇ ਪੰਜ ਸਾਲਾਂ ਦੇ ਬਕਾਏ ਨਹੀਂ ਦੇ ਰਹੀ।
ਅਧਿਆਪਕ ਆਗੂਆਂ ਨੇ ਕਿਹਾ ਕਿ ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਟਾਲ-ਮਟੋਲ ਵਾਲਾ ਰਵੱਈਆ ਅਪਣਾ ਰਹੇ ਹਨ, ਜਿਸਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਥੇਬੰਦੀਆਂ ਨੇ 19 ਜਨਵਰੀ ਨੂੰ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿੱਜੀ ਰਿਹਾਇਸ਼ 'ਤੇ ਸੂਬਾ ਪੱਧਰੀ ਰੋਸ ਰੈਲੀ ਅਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 18 ਜਨਵਰੀ ਨੂੰ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਕਰਮਚਾਰੀ ਅਤੇ ਪੈਨਸ਼ਨਰ ਸਾਂਝੇ ਮੋਰਚੇ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰਨ ਦੇ ਫੈਸਲੇ ਲਏ ਜਾਣਗੇ।
ਇਸ ਰੋਸ ਪ੍ਰਦਰਸ਼ਨ ਵਿੱਚ ਫਰੀਦਕੋਟ ਜ਼ਿਲ੍ਹੇ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਅਧਿਆਪਕਾਂ ਨੇ ਹਿੱਸਾ ਲਿਆ।