Muktsar Sahib: ਕੈਬਨਿਟ ਮੰਤਰੀ ਨੇ ਇਸ ਮੌਕੇ ਤੀਆਂ ਦੇ ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੇਖੇ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ।
Trending Photos
Muktsar Sahib: ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੰਕਲਪ ਦੀ ਸਿੱਧੀ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੇ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਨਾਲ ਸਾਡੀ ਨਵੀਂ ਪੀੜੀ ਸਾਡੇ ਅਮੀਰ ਵਿਰਸੇ ਤੋਂ ਜਾਣੂ ਹੋਵੇਗੀ।
ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਇਸ ਤਰਾਂ ਦੇ ਉਪਰਾਲੇ ਆਰੰਭੇ ਗਏ ਹਨ। ਉਨਾਂ ਨੇ ਕਿਹਾ ਕਿ ਇਹਨਾਂ ਉਪਰਾਲਿਆਂ ਰਾਹੀਂ ਅਸੀਂ ਸਾਡੀ ਨਵੀਂ ਪੀੜੀ ਨੂੰ ਸਾਡੇ ਅਮੀਰ ਵਿਰਸੇ ਨਾਲ ਜੋੜ ਰਹੇ ਹਾਂ। ਉਹਨਾਂ ਔਰਤਾਂ ਵੱਲੋਂ ਹਰ ਖੇਤਰ ਵਿੱਚ ਮਾਰੀ ਮਾਰੀਆਂ ਮੱਲਾਂ ਦੀ ਸ਼ਲਾਂਘਾ ਕੀਤੀ। ਉਹਨਾਂ ਮਹਿਲਾਵਾਂ ਨੂੰ ਸੱਦਾ ਦਿੰਦਿਆਂ ਅਪੀਲ ਕੀਤੀ ਉਹਨਾਂ ਨੂੰ ਆਪਣੇ ਵਿਰਸੇ ਨਾਲ ਸੰਬੰਧਿਤ ਤਿਉਹਾਰ ਪੂਰੇ ਉਤਸਾਹ ਦੇ ਨਾਲ ਮਨਾਉਣੇ ਚਾਹੀਦੇ ਹਨ।
ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਆਖਿਆ ਕਿ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਤੀਆਂ ਦੇ ਮੇਲੇ ਵਿੱਚ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਰੰਗ ਜਿਵੇਂ ਕਿ ਗਿੱਧਾ, ਭੰਗੜਾ, ਲੋਕ ਖੇਡਾਂ ਪ੍ਰਦਰਸ਼ਨ ਕੀਤੀਆਂ ਜਾਣਗੀਆਂ। ਇਸ ਤੋਂ ਬਿਨਾਂ ਇੱਥੇ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਹਨ। ਪਿੰਡ ਭਲਾਈਆਣਾ ਦੀ ਅਨਾਜ ਮੰਡੀ ਵਿੱਚ ਇਸ ਮੇਲੇ ਕਾਰਨ ਪੂਰੇ ਪਿੰਡ ਦਾ ਮਾਹੌਲ ਹੀ ਵਿਰਾਸਤੀ ਰੰਗ ਵਿੱਚ ਰੰਗਿਆ ਵਿਖਾਈ ਦੇਣ ਲੱਗਿਆ।
ਕੈਬਨਿਟ ਮੰਤਰੀ ਨੇ ਇਸ ਮੌਕੇ ਤੀਆਂ ਦੇ ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੇਖੇ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਉਨਾਂ ਨੇ ਵਿਸ਼ੇਸ਼ ਤੌਰ ਤੇ ਇੱਥੇ ਪੇਂਡੂ ਪੰਜਾਬ ਦੇ ਦ੍ਰਿਸ਼ ਨੂੰ ਰੂਪਮਾਨ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਪ੍ਰਦਰਸ਼ਨ ਕੀਤੀਆਂ ਗਈਆਂ ਵਸਤਾਂ ਸਾਡੀ ਨਵੀਂ ਪੀੜੀ ਦੇ ਗਿਆਨ ਵਿੱਚ ਵਾਧਾ ਕਰਨਗੀਆਂ। ਇਸ ਮੌਕੇ ਪੰਜਾਬ ਦੇ ਨਾਮਵਰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਗੀਤਾਂ ਦੀ ਛਹਿਬਰ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ।
ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸਐਸਪੀ ਤੁਸ਼ਾਰ ਗੁਪਤਾ, ਏਡੀਸੀ ਵਿਕਾਸ ਸੁਰਿੰਦਰ ਸਿੰਘ ਢਿੱਲੋ, ਐਸ ਡੀ ਐਮ ਡਾਕਟਰ ਸੰਜੀਵ ਕੁਮਾਰ ਅਤੇ ਬਲਜੀਤ ਕੌਰ ਹੋਰ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ।