Trending Photos
Revenue Officers News: ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਰਿਸ਼ਵਤ ਮਾਮਲੇ ਵਿੱਚ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਅਮਰੀਕ ਸਿੰਘ ਦੀ ਸ਼ਿਕਾਇਤ ਉਤੇ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤਹਿਸੀਲਦਾਰ ਨੂੰ ਰਿਸ਼ਵਤ ਦੀ ਰਾਸ਼ੀ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਰੈਵੀਨਿਊ ਅਫ਼ਸਰ ਯੂਨੀਅਨ ਨੇ ਸਮੂਹਿਕ ਛੂੱਟੀ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਖਚਰਨ ਸਿੰਘ ਪੰਜਾਬ ਰੈਵੀਨਿਊ ਅਫ਼ਸਰ ਯੂਨੀਅਨ ਦਾ ਪ੍ਰਧਾਨ ਹੈ। ਯੂਨੀਅਨ ਵੱਲੋਂ ਆਪਣੇ ਪ੍ਰਧਾਨ ਦੇ ਹੱਕ ਵਿਚ ਮੀਟਿੰਗ ਕਰਦਿਆਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਦੇ ਰੋਸ ਵਿੱਚ ਸੂਬੇ ਭਰ ਦੇ ਮਾਲ ਅਧਿਕਾਰੀ ( ਜ਼ਿਲ੍ਹਾ ਮਾਲ ਅਫ਼ਸਰ, ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ) 28 ਨਵੰਬਰ (ਅੱਜ) ਨੂੰ ਸਮੂਹਿਕ ਛੁੱਟੀ ’ਤੇ ਜਾਣਗੇ।
ਇਸ ਤੋਂ ਸਾਫ ਹੈ ਕਿ ਵੀਰਵਾਰ ਨੂੰ ਤਹਿਸੀਲਾਂ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਇਸ ਤੋਂ ਇਲਾਵਾ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਜ਼ਮੀਨਾਂ ਦੀਆਂ ਰਜਿਸਟਰੀਆਂ ਵੀ ਨਹੀਂ ਹੋਣਗੀਆਂ। ਜਾਰੀ ਪੱਤਰ ਅਨੁਸਾਰ ਯੂਨੀਅਨ ਵੱਲੋਂ ਡੀਐੱਸਪੀ ਵਿਜੀਲੈਂਸ ਬਰਨਾਲਾ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।