ਵਿੱਤ ਮੰਤਰੀ 27 ਜੂਨ ਨੂੰ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ 'ਤੇ ਬਹਿਸ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ।
Trending Photos
ਚੰਡੀਗੜ: ਪੰਜਾਬ 'ਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 27 ਜੂਨ ਨੂੰ 'ਜਨਤਾ ਦਾ ਬਜਟ' ਪੇਸ਼ ਕਰੇਗੀ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਇਹ ਬਜਟ ਇਸ ਵਾਰ ਇਸ ਲਈ ਵੀ ਖਾਸ ਹੈ ਕਿਉਂਕਿ ਜਨਤਾ ਦੇ ਸਲਾਹ ਮਸ਼ਵਰੇ ਨਾਲ ਤਿਆਰ ਕੀਤਾ ਗਿਆ ਹੈ, ਜਿਸ ਲਈ ਆਮ ਲੋਕਾਂ ਦੀ ਰਾਏ ਲਈ ਗਈ ਹੈ ਕਿ ਉਹਨਾਂ ਨੂੰ ਕਿਹੋ ਜਿਹਾ ਬਜਟ ਚਾਹੀਦਾ ਹੈ। ਜਿਸਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸੀ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਬਜਟ ਸੈਸ਼ਨ ਦੀਆਂ ਤਰੀਕਾਂ ਅਤੇ ਬਜਟ ਪੇਸ਼ ਕਰਨ ਬਾਰੇ ਫੈਸਲਾ ਲਿਆ ਗਿਆ। 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਸੈਸ਼ਨ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦਿਆਂ ਮੰਤਰੀ ਮੰਡਲ ਨੇ ਇਸ ਦੀ ਸਿਫ਼ਾਰਸ਼ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕੀਤੀ, ਜੋ ਭਾਰਤ ਦੇ ਸੰਵਿਧਾਨ ਅਨੁਸਾਰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਲਈ ਅਧਿਕਾਰਤ ਹਨ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ 24 ਜੂਨ ਨੂੰ ਇਜਲਾਸ ਸੱਦਣ ਅਤੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਧੰਨਵਾਦ ਦਾ ਮਤਾ ਪੇਸ਼ ਕਰਨ ਅਤੇ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਉਸੇ ਦਿਨ ਕਰਨ ਲਈ ਸਹਿਮਤੀ ਦਿੱਤੀ ਹੈ। ਵਿੱਤ ਮੰਤਰੀ 27 ਜੂਨ ਨੂੰ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ 'ਤੇ ਬਹਿਸ ਹੋਵੇਗੀ। ਸੈਸ਼ਨ ਦੌਰਾਨ ਸਾਲ 2018-19 ਅਤੇ 2019-20 ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀ ਲੇਖਾ ਰਿਪੋਰਟ ਅਤੇ ਸਾਲ 2019-20 ਅਤੇ 2020-21 ਲਈ ਵਿੱਤ ਅਤੇ ਵਿਨਿਯਤ ਲੇਖੇ ਸਦਨ ਵਿੱਚ ਪੇਸ਼ ਕੀਤੇ ਜਾਣਗੇ।
WATCH LIVE TV